ਭਾਜਪਾ ਦੀ ਸਰਕਾਰ ਬਣਨ ‘ਤੇ ਕਰਮਚਾਰੀਆਂ ਨੂੰ ਕੇਂਦਰ ਦੀ ਤਰਜ਼ ‘ਤੇ ਦਿੱਤਾ ਜਾਵੇਗਾ ਡੀ.ਏ.: ਸਰੂਪ ਚੰਦ ਸਿੰਗਲਾ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਸੂਬੇ ਦੇ ਸਰਕਾਰੀ ਕਰਮਚਾਰੀਆਂ ਨੂੰ ਕੇਂਦਰ ਸਰਕਾਰ ਦੀ ਤਰਜ਼ ‘ਤੇ 63 ਫੀਸਦੀ ਮਹਿੰਗਾਈ ਭੱਤਾ (ਡੀ.ਏ.) ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕਰਮਚਾਰੀਆਂ ਦਾ ਬਣਦਾ ਸਾਰਾ ਬਕਾਇਆ ਵੀ ਜਾਰੀ ਕੀਤਾ ਜਾਵੇਗਾ।
ਇਹ ਐਲਾਨ ਭਾਜਪਾ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕੀਤਾ।
ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੇਂਦਰੀ ਕਰਮਚਾਰੀਆਂ ਦੇ ਡੀ.ਏ. ਵਿੱਚ 3 ਫੀਸਦੀ ਵਾਧਾ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਹਮੇਸ਼ਾ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਰਹੀ ਹੈ।
ਸਰੂਪ ਚੰਦ ਸਿੰਗਲਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਦੇ ਕਰਮਚਾਰੀਆਂ ਨੂੰ ਅਜੇ ਤੱਕ 60 ਫੀਸਦੀ ਡੀ.ਏ. ਵੀ ਨਹੀਂ ਦਿੱਤਾ ਗਿਆ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਕਾਰਨ 27 ਅਕਤੂਬਰ ਨੂੰ ਹਾਈਕੋਰਟ ਵੱਲੋਂ ਪੰਜਾਬ ਸਰਕਾਰ ‘ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।
ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲਗਭਗ ਅੱਠ ਲੱਖ ਸਰਕਾਰੀ ਕਰਮਚਾਰੀ ਆਪਣੇ ਹੱਕਾਂ ਲਈ ਸੰਘਰਸ਼ ਕਰਨ ਲਈ ਮਜ਼ਬੂਰ ਹਨ ਅਤੇ ਮੌਜੂਦਾ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ।
ਉਨ੍ਹਾਂ ਭਰੋਸਾ ਦਿਵਾਇਆ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ‘ਤੇ ਕਰਮਚਾਰੀਆਂ ਨੂੰ ਕੇਂਦਰ ਦੇ ਬਰਾਬਰ ਡੀ.ਏ. ਅਤੇ ਉਨ੍ਹਾਂ ਦਾ ਸਾਰਾ ਬਕਾਇਆ ਦਿੱਤਾ ਜਾਵੇਗਾ।




