ਮਿਲਕਫੈੱਡ ਮੈਨੇਜਮੈਂਟ ਦੀ ਵਾਅਦਾ ਖਿਲਾਫੀ ਵਿਰੁੱਧ ਵੇਰਕਾ ਆਊਟਸੋਰਸ ਮੁਲਾਜ਼ਮਾਂ ਨੇ ਖੋਲ੍ਹਿਆ ਮੋਰਚਾ 13 ਤੋਂ ਵੇਰਕਾ ਪਲਾਂਟ ਮੋਹਾਲੀ ਵਿਖੇ ਰੋਸ਼ ਪ੍ਰਦਰਸ਼ਨ ਦਾ ਐਲਾਨ

ਅੱਜ ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟ ਆਊਟਸੋਰਸ ਮੁਲਾਜ਼ਮ ਯੂਨੀਅਨ ਪੰਜਾਬ ਦੇ ਸਾਰੇ ਪਲਾਂਟ ਦੀਆ ਗੇਟ ਰੈਲੀਆ ਦੌਰਾਨ ਮਿਲਕਫੈੱਡ ਪ੍ਰਬੰਧਕਾਂ ਅਤੇ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਵਿਰੁੱਧ ਤਿੱਖੇ ਰੋਸ਼ ਦਾ ਪ੍ਰਗਟਾਵਾ ਕੀਤਾ ਗਿਆ। ਯੂਨੀਅਨ ਦੇ ਜਨਰਲ ਸਕੱਤਰ ਜਸਵੀਰ ਸਿੰਘ ਨੇ ਐਲਾਨ ਕੀਤਾ ਕਿ ਮੈਨੇਜਮੈਂਟ ਵੱਲੋਂ ਮੰਗਾਂ ਪ੍ਰਤੀ ਧਾਰੀ ਚੁੱਪ ਅਤੇ ਵਾਰ-ਵਾਰ ਕੀਤੀ ਜਾ ਰਹੀ ਵਾਅਦਾਖਿਲਾਫੀ ਨੇ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਤੁਰਨ ਲਈ ਮਜ਼ਬੂਰ ਕਰ ਦਿੱਤਾ ਹੈ। ਇਸ ਲਈ ਅੱਜ ਪੰਜਾਬ ਭਰ ਦੇ ਸਮੂਹ ਮਿਲਕ ਅਤੇ ਕੈਟਲ ਫੀਡ ਪਲਾਂਟਾਂ ਦੇ ਗੇਟਾਂ ‘ਤੇ ਰੋਸ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕੀਤਾ ਗਿਆ, ਜਿਸ ਤੋਂ ਬਾਅਦ 13 ਤਰੀਕ ਨੂੰ ਮੋਹਾਲੀ ਪਲਾਂਟ ਦਾ ਅਣਮਿਥੇ ਸਮੇਂ ਲਈ ਰੋਸ਼ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇਗਾ। ਯੂਨੀਅਨ ਨੇ ਸਾਫ਼ ਕਰ ਦਿੱਤਾ ਹੈ ਕਿ ਜਦੋਂ ਤੱਕ ਹੱਕੀ ਮੰਗਾਂ ਦਾ ਕੋਈ ਸਥਾਈ ਹੱਲ ਨਹੀਂ ਨਿਕਲਦਾ, ਉਦੋਂ ਤੱਕ ਇਹ ਸੰਘਰਸ਼ ਨਿਰੰਤਰ ਜਾਰੀ ਰਹੇਗਾ।
ਸੂਬਾ ਜਰਨਲ ਸਕੱਤਰ ਜੀ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਦਫ਼ਤਰ ਮਿਲਕਫੈੱਡ ਚੰਡੀਗੜ੍ਹ ਵੱਲੋਂ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀਆਂ ਅਹਿਮ ਮੰਗਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਰੋਸ ਪ੍ਰਗਟਾਇਆ ਕਿ ਪਿਛਲੀਆਂ ਮੀਟਿੰਗਾਂ ਦੌਰਾਨ ਮੈਨੇਜਮੈਂਟ ਨੇ ਭਰੋਸਾ ਦਿੱਤਾ ਸੀ ਕਿ ਸਮੱਸਿਆਵਾਂ ਦਾ ਜਲਦ ਨਿਪਟਾਰਾ ਕੀਤਾ ਜਾਵੇਗਾ, ਪਰ ਜ਼ਮੀਨੀ ਪੱਧਰ ‘ਤੇ ਅਜੇ ਤੱਕ ਕੁਝ ਵੀ ਨਹੀਂ ਹੋਇਆ। ਇੱਥੋਂ ਤੱਕ ਕਿ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਗਠਿਤ ਕੀਤੀ ਗਈ ਉੱਚ ਪੱਧਰੀ ਕਮੇਟੀ ਦੀ ਇੱਕ ਵੀ ਮੀਟਿੰਗ ਨਾ ਹੋਣਾ ਪ੍ਰਬੰਧਕਾਂ ਦੀ ਗੈਰ-ਸੰਜੀਦਗੀ ਨੂੰ ਦਰਸਾਉਂਦਾ ਹੈ। ਯੂਨੀਅਨ ਮੁਤਾਬਕ, ਜੋ ਵਰਕਰ ਪਿਛਲੇ 10 ਤੋਂ 15 ਸਾਲਾਂ ਤੋਂ ਨਿਗੂਣੀਆਂ ਤਨਖਾਹਾਂ ‘ਤੇ ਆਪਣੀ ਜ਼ਿੰਦਗੀ ਦੇ ਕੀਮਤੀ ਸਾਲ ਵਿਭਾਗ ਦੇ ਲੇਖੇ ਲਾ ਚੁੱਕੇ ਹਨ, ਅੱਜ ਉਹ ਆਪਣੇ ਭਵਿੱਖ ਨੂੰ ਲੈ ਕੇ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।
ਯੂਨੀਅਨ ਨੇ ਜ਼ੋਰਦਾਰ ਮੰਗ ਕੀਤੀ ਹੈ ਕਿ ਸਮੂਹ ਆਊਟਸੋਰਸ ਕਰਮਚਾਰੀਆਂ ਦਾ ਸ਼ੋਸ਼ਣ ਬੰਦ ਕਰਕੇ ਉਨ੍ਹਾਂ ਨੂੰ ਤੁਰੰਤ ਵਿਭਾਗ ਵਿੱਚ ਸ਼ਾਮਲ (Merge) ਕੀਤਾ ਜਾਵੇ ਅਤੇ ਸੇਵਾਵਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਦੇ ਨਾਲ ਹੀ ਕਿਰਤ ਕਾਨੂੰਨਾਂ ਤਹਿਤ ਬਣਦਾ ਬੋਨਸ ਦਿੱਤਾ ਜਾਵੇ ਅਤੇ ਉੱਚ ਵਿਦਿਅਕ ਯੋਗਤਾ ਰੱਖਣ ਵਾਲੇ ਮੁਲਾਜ਼ਮਾਂ ਨੂੰ ਉਨ੍ਹਾਂ ਦੀ ਕਾਬਲੀਅਤ ਅਨੁਸਾਰ ਪੋਸਟਾਂ ‘ਤੇ ਅਪਗ੍ਰੇਡ ਕੀਤਾ ਜਾਵੇ। ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਕੋਈ ਠੋਸ ਫੈਸਲਾ ਨਾ ਲਿਆ ਤਾਂ ਇਸ ਸੰਘਰਸ਼ ਨੂੰ ਹੋਰ ਪ੍ਰਚੰਡ ਕੀਤਾ ਜਾਵੇਗਾ, ਜਿਸ ਦੀ ਸਾਰੀ ਜ਼ਿੰਮੇਵਾਰੀ ਮਿਲਕਫੈੱਡ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।




