ਵੋਟ ਚੋਰੀ ਦੇ ਦੋਸ਼ਾਂ ਨੂੰ ਲੈ ਕੇ ਕਾਂਗਰਸ ਦਾ ਚੋਣ ਕਮਿਸ਼ਨ ਅਤੇ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਦਾ ਐਲਾਨ

ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਂਗਰਸ ਦੇ ਸੀਨੀਅਰ ਆਗੂ ਰਵਿੰਦਰ ਡਾਲਵੀਆਂ ਅਤੇ ਅੰਮ੍ਰਿਤਾ ਧਵਨ ਨੇ ਚੋਣ ਕਮਿਸ਼ਨ ਅਤੇ ਕੇਂਦਰ ਦੀ ਮੋਦੀ ਸਰਕਾਰ ਨੂੰ ਘੇਰਦਿਆਂ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਕਾਂਗਰਸੀ ਆਗੂਆਂ ਨੇ ਵੋਟਰ ਸੂਚੀਆਂ ਵਿੱਚੋਂ ਵੋਟਾਂ ਕੱਟੇ ਜਾਣ ਦੇ ਦੋਸ਼ ਲਾਉਂਦਿਆਂ ਸੜਕ ਤੋਂ ਸੰਸਦ ਤੱਕ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ।
1 ਨਵੰਬਰ ਨੂੰ ਦਿੱਲੀ ਵਿੱਚ ਹੋਵੇਗੀ ਮਹਾਰੈਲੀ!
ਬਠਿੰਡਾ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ ਅਤੇ ਪ੍ਰੈੱਸ ਕਾਨਫਰੰਸ ਦੌਰਾਨ ਅੰਮ੍ਰਿਤਾ ਧਵਨ ਨੇ ਕਿਹਾ ਕਿ ਵੋਟਾਂ ਕੱਟੇ ਜਾਣ ਦੇ ਮੁੱਦੇ ਅਤੇ ਸੰਵਿਧਾਨ ਦੀ ਰਾਖੀ ਲਈ ਪਹਿਲੀ ਨਵੰਬਰ ਨੂੰ ਦਿੱਲੀ ਵਿੱਚ ਮਹਾਰੈਲੀ ਕੀਤੀ ਜਾਵੇਗੀ। ਉਨ੍ਹਾਂ ਮੁਤਾਬਕ, ਇਸ ਰੈਲੀ ਵਿੱਚ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ ਅਤੇ ਇੰਡੀਆ ਗਠਜੋੜ ਦੇ ਹੋਰ ਆਗੂ ਸ਼ਾਮਲ ਹੋਣਗੇ।
ਅੰਮ੍ਰਿਤਾ ਧਵਨ ਨੇ ਦਾਅਵਾ ਕੀਤਾ ਕਿ ਐਸਆਈਆਰ ਪ੍ਰਕਿਰਿਆ ਤਹਿਤ ਦੇਸ਼ ਵਿੱਚ ਵੱਡੀ ਗਿਣਤੀ ਵਿੱਚ ਵੋਟਰਾਂ ਦੇ ਨਾਮ ਕੱਟੇ ਗਏ ਹਨ ਅਤੇ ਪੰਜਾਬ ਵਿੱਚ ਵੀ ਲੱਖਾਂ ਵੋਟਰ ਪ੍ਰਭਾਵਿਤ ਹੋਏ ਹਨ। ਉਨ੍ਹਾਂ ਨੇ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ’ਤੇ ਸਵਾਲ ਉਠਾਉਂਦਿਆਂ ਇਸ ਮਾਮਲੇ ਨੂੰ ਲੋਕਤੰਤਰ ਅਤੇ ਵੋਟ ਦੇ ਅਧਿਕਾਰ ਨਾਲ ਜੁੜਿਆ ਮੁੱਦਾ ਦੱਸਿਆ।
ਪੰਜਾਬ ਵਿੱਚ ਨਸ਼ਿਆਂ ਅਤੇ ਗੈਂਗਸਟਰਾਂ ਦਾ ਮੁੱਦਾ ਵੀ ਚੁੱਕਿਆ।
ਇਸ ਮੌਕੇ ਪੰਜਾਬ ਕਾਂਗਰਸ ਦੇ ਸਹਾਇਕ ਇੰਚਾਰਜ ਰਵਿੰਦਰ ਡਾਲਵੀਆਂ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਅਤੇ ਗੈਂਗਸਟਰਾਂ ਦੀਆਂ ਵਾਰਦਾਤਾਂ ਨੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੋਇਆ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਸ਼ਿਆਂ ਅਤੇ ਗੈਂਗਸਟਰਾਂ ਖ਼ਿਲਾਫ਼ ਸੰਘਰਸ਼ ਕਰੇਗੀ ਅਤੇ ਪੀੜਤ ਪਰਿਵਾਰਾਂ ਨਾਲ ਖੜ੍ਹੀ ਰਹੇਗੀ। ਡਾਲਵੀਆਂ ਨੇ ਇਹ ਵੀ ਐਲਾਨ ਕੀਤਾ ਕਿ ਚਾਰ ਨਵੰਬਰ ਨੂੰ ਸੰਗਰੂਰ ਤੋਂ ਰਾਹੁਲ ਗਾਂਧੀ ਪੰਜਾਬ ਨੂੰ ਬਚਾਉਣ ਦੀ ਮੁਹਿੰਮ ਦਾ ਆਗਾਜ਼ ਕਰਨਗੇ।
ਅਮਿਤ ਸ਼ਾਹ ਦੀ ਪੰਜਾਬ ਫੇਰੀ ’ਤੇ ਵੀ ਚੁੱਕੇ ਸਵਾਲ।
ਰਵਿੰਦਰ ਡਾਲਵੀਆਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਵਿੱਚ ਨਸ਼ਿਆਂ ਦੀ ਤਸਕਰੀ ਰੋਕਣ ਸਬੰਧੀ ਕੇਂਦਰ ਸਰਕਾਰ ਦੀ ਕਾਰਗੁਜ਼ਾਰੀ ਬਾਰੇ ਜਵਾਬ ਦੇਣ ਦੀ ਮੰਗ ਕੀਤੀ। ਉਨ੍ਹਾਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਰੋਕਣ ਵਿੱਚ ਨਾਕਾਮੀ ਦੇ ਦੋਸ਼ ਵੀ ਲਾਏ।
ਕਾਂਗਰਸੀ ਆਗੂਆਂ ਨੇ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪਾਰਟੀ ਵਰਕਰਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ।
ਇਸ ਮੌਕੇ ਜ਼ਿਲ੍ਾ ਪ੍ਰਧਾਨ ਸ਼ਹਿਰੀ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਤੇ ਮੀਤ ਪ੍ਰਧਾਨ ਪ੍ਰੈੱਸ ਮੀਡੀਆ ਇਨਚਾਰਜ ਰੁਪਿੰਦਰ ਬਿੰਦਰਾ, ਕੇਕੇ ਅਗਰਵਾਲ ਅਸ਼ੋਕ ਕੁਮਾਰ ਪਵਨ ਮਾਨੀ ਅੰਮ੍ਰਿਤਾ ਗਿੱਲ ਕੋਐਡੀਨੇਟਰ ਰੈਲੀ ਸੰਦੀਪ ਬੋਬੀ ਕਿਰਨਜੀਤ ਸਿੰਘ ਗਹਿਰੀ ਮਾਧਵ ਸ਼ਰਮਾ ਦਰਸ਼ਨ ਜੀਦਾ ਅਬ ਕਾ ਮੇਅਰ ਬਲਵੰਤ ਰਾਏ ਨਾਥ ਪ੍ਰਕਾਸ਼ ਚੰਦ ਨਥੂਰਾਮ ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ ਕਮਲਜੀਤ ਸਿੰਘ ਭੰਗੂ ਐਮਸੀ ਗੁਰਪ੍ਰੀਤ ਬੰਟੀ ਐਮਸੀ ਸੋਨੂ ਐਮਸੀ ਸਰਜੀਤ ਸਿੰਘ ਮੋਖਾ ਗੁਰਮੀਤ ਸਿੰਘ ਨਾਥਪੁਰਾ ਲਖਵਿੰਦਰ ਸਿੰਘ ਲੱਖਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਅਤੇ ਅਹੁਦੇਦਾਰ ਹਾਜ਼ਰ ਸਨ। ਜਾਰੀ ਕਰਤਾ ਰੁਪਿੰਦਰ ਬਿੰਦਰਾ ਬਠਿੰਡਾ




