12 ਸਾਲਾਂ ਤੋਂ ਬੰਦ ਪਿਆ ਨਸ਼ਾ ਮੁਕਤੀ ਕੇਂਦਰ ਹੁਣ ਮੁੜ ਚਾਲੂ ਹੋ ਗਿਆ ਹੈ।

ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਤਲਵੰਡੀ ਸਾਬੋ ਵਿਖੇ ਹਲਕਾ ਵਿਧਾਇਕ ਪ੍ਰੋ. ਬੀਬਾ ਬਲਜਿੰਦਰ ਕੌਰ ਨੇ ਨਸ਼ਾ ਮੁਕਤੀ ਕੇਂਦਰ ਦਾ ਉਦਘਾਟਨ ਕੀਤਾ।
ਨਸ਼ਿਆਂ ਦੇ ਖ਼ਿਲਾਫ਼ ਜੰਗ ਨੂੰ ਹੋਰ ਮਜ਼ਬੂਤ ਕਰਨ ਲਈ ਤਲਵੰਡੀ ਸਾਬੋ ਵਿੱਚ ਇੱਕ ਅਹਿਮ ਕਦਮ ਚੁੱਕਿਆ ਗਿਆ ਹੈ।
ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿੱਚ ਪਿਛਲੇ ਕਰੀਬ 12 ਸਾਲਾਂ ਤੋਂ ਬੰਦ ਪਏ ਨਸ਼ਾ ਮੁਕਤੀ ਕੇਂਦਰ ਨੂੰ ਹੁਣ ਮੁੜ ਲੋਕਾਂ ਦੀ ਸੇਵਾ ਲਈ ਖੋਲ੍ਹ ਦਿੱਤਾ ਗਿਆ ਹੈ।
ਇਸ ਮੌਕੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ, ਜਿਸ ਦੌਰਾਨ ਸੁਖਮਨੀ ਸਾਹਿਬ ਦੇ ਭੋਗ ਪਾਏ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਸਮਾਗਮ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਮੌਜੂਦ ਰਹੀਆਂ।
ਹਲਕਾ ਵਿਧਾਇਕ ਪ੍ਰੋ. ਬੀਬਾ ਬਲਜਿੰਦਰ ਕੌਰ ਨੇ ਕੇਂਦਰ ਦਾ ਉਦਘਾਟਨ ਕੀਤਾ। ਸਿਹਤ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਕੇਂਦਰ ਦੇ ਮੁੜ ਸ਼ੁਰੂ ਹੋਣ ਨਾਲ ਤਲਵੰਡੀ ਸਾਬੋ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਹੁਣ ਆਪਣੇ ਇਲਾਕੇ ਵਿੱਚ ਹੀ ਇਲਾਜ ਅਤੇ ਸਿਹਤ ਸਹੂਲਤਾਂ ਮਿਲ ਸਕਣਗੀਆਂ।
ਸੀਨੀਅਰ ਮੈਡੀਕਲ ਅਫ਼ਸਰ ਡਾ. ਰਵੀ ਕਾਂਤ ਗੁਪਤਾ ਨੇ ਦੱਸਿਆ ਕਿ ਕੇਂਦਰ ਨੂੰ ਮੁੜ ਚਾਲੂ ਕਰਨ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਸਨ। ਹੁਣ ਇੱਥੇ ਡਾ. ਅੰਕੁਰ ਸਿੰਗਲਾ ਵੱਲੋਂ ਨਸ਼ੇ ਦੀ ਲਤ ਤੋਂ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ।
ਮਰੀਜ਼ਾਂ ਦੀ ਸਿਹਤ ਸਥਿਤੀ ਮੁਤਾਬਕ ਉਨ੍ਹਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਅਤੇ ਇਲਾਜ ਮੁਹੱਈਆ ਕਰਵਾਇਆ ਜਾਵੇਗਾ, ਤਾਂ ਜੋ ਉਹ ਨਸ਼ੇ ਦੀ ਲਤ ਤੋਂ ਛੁਟਕਾਰਾ ਪਾ ਕੇ ਮੁੜ ਆਮ ਜੀਵਨ ਵੱਲ ਵਾਪਸ ਆ ਸਕਣ।
ਡਾ. ਰਵੀ ਕਾਂਤ ਗੁਪਤਾ ਨੇ ਕਿਹਾ ਕਿ ਨਸ਼ਾ ਅੱਜ ਸਮਾਜ ਲਈ ਗੰਭੀਰ ਚੁਣੌਤੀ ਹੈ। ਨਸ਼ਾ ਛੱਡਣ ਲਈ ਸਿਰਫ਼ ਇਲਾਜ ਹੀ ਨਹੀਂ, ਸਗੋਂ ਪਰਿਵਾਰਕ ਸਹਿਯੋਗ, ਸਹੀ ਮਾਰਗਦਰਸ਼ਨ ਅਤੇ ਸਮਾਜਿਕ ਸਹਾਰੇ ਦੀ ਵੀ ਲੋੜ ਹੁੰਦੀ ਹੈ।
ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਨਸ਼ੇ ਦੀ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਲਈ ਸਿਹਤ ਸੰਸਥਾਵਾਂ ਤੱਕ ਲਿਆਂਦਾ ਜਾਵੇ।
ਤਲਵੰਡੀ ਸਾਬੋ ਵਿੱਚ 12 ਸਾਲਾਂ ਬਾਅਦ ਨਸ਼ਾ ਮੁਕਤੀ ਕੇਂਦਰ ਦੇ ਮੁੜ ਚਾਲੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਸਹੂਲਤ ਮਿਲਣ ਦੀ ਉਮੀਦ ਹੈ। ਹੁਣ ਨਸ਼ੇ ਦੀ ਲਤ ਤੋਂ ਪੀੜਤ ਲੋਕਾਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਬਜਾਏ ਆਪਣੇ ਇਲਾਕੇ ਵਿੱਚ ਹੀ ਸਿਹਤ ਸਹੂਲਤ ਮਿਲ ਸਕੇਗੀ।




