‘ਅਜੀਤ’ ਦੇ ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ‘ਚ ਹੋਏ ਸ਼ਾਮਲ
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਰਟੀ ਆਗੂਆਂ ਦੀ ਅਗਵਾਈ ਹੇਠ ਕੀਤੀ ਸ਼ਮੂਲੀਅਤ

ਬਠਿੰਡਾ, 13 ਨਵੰਬਰ: ‘ਅਜੀਤ’ ਅਖ਼ਬਾਰ ਦੇ ਬਠਿੰਡਾ ਤੋਂ ਸੀਨੀਅਰ ਪੱਤਰਕਾਰ ਸੱਤਪਾਲ ਸਿੰਘ ਸਿਵੀਆਂ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋ ਗਏ ਹਨ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਗਿਆ।
ਜ਼ਿਲ੍ਹਾ ਬਠਿੰਡਾ ਦੇ ਨਵ-ਨਿਯੁਕਤ ਪਾਰਟੀ ਪ੍ਰਧਾਨ ਡਾ. ਪ੍ਰਗਟ ਸਿੰਘ ਵਿਰਕ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਪਾਰਟੀ ਦੇ ਸਕੱਤਰ ਜਨਰਲ ਅਤੇ ਹਲਕਾ ਤਲਵੰਡੀ ਸਾਬੋ ਦੇ ਇੰਚਾਰਜ ਭਾਈ ਮਨਦੀਪ ਸਿੰਘ ਸਿੱਧੂ, ਮਾਲਵਾ ਜ਼ੋਨ-2 ਦੇ ਇੰਚਾਰਜ ਭਾਈ ਪ੍ਰਗਟ ਸਿੰਘ ਭੋਡੀਪੁਰਾ, ਪੀ.ਏ.ਸੀ. ਮੈਂਬਰ ਅਤੇ ਹਲਕਾ ਮੌੜ ਦੇ ਇੰਚਾਰਜ ਲਖਵੀਰ ਸਿੰਘ ਲੱਖਾ ਸਿਧਾਣਾ, ਜ਼ਿਲ੍ਹਾ ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਅਤੇ ਪਾਰਟੀ ਬੁਲਾਰੇ ਨਵਜੋਤ ਕੌਰ ਲੰਬੀ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਸੱਤਪਾਲ ਸਿੰਘ ਸਿਵੀਆਂ ਪਿਛਲੇ ਕਰੀਬ 20 ਸਾਲਾਂ ਤੋਂ ਪੱਤਰਕਾਰੀ ਦੇ ਖੇਤਰ ਵਿੱਚ ਸਰਗਰਮ ਹਨ ਅਤੇ ਆਪਣੀ ਨਿਧੜਕ ਤੇ ਵਿਲੱਖਣ ਪੱਤਰਕਾਰੀ ਲਈ ਜਾਣੇ ਜਾਂਦੇ ਹਨ। ਉਹ ਸਾਲ 2013 ਤੋਂ 2018 ਤੱਕ ਆਪਣੇ ਪਿੰਡ ਦੇ ਪੰਚਾਇਤ ਮੈਂਬਰ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਲੰਬੇ ਸਮੇਂ ਤੋਂ ਵਿਧਾਨ ਸਭਾ ਹਲਕਾ ਭੁੱਚੋ ਮੰਡੀ (ਰਾਖਵਾਂ) ਵਿੱਚ ਸਰਗਰਮ ਰਹੇ ਹਨ।
ਇਸ ਮੌਕੇ ਪਾਰਟੀ ਆਗੂਆਂ ਨੇ ਸੱਤਪਾਲ ਸਿੰਘ ਸਿਵੀਆਂ ਦਾ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਸਵਾਗਤ ਕਰਦਿਆਂ ਉਨ੍ਹਾਂ ਨੂੰ ਪਾਰਟੀ ਦਾ ਚਿੰਨ੍ਹ ਅਤੇ ਸਿਰੋਪਾਓ ਭੇਟ ਕੀਤਾ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਪਾਰਟੀ ਨਾਲ ਜੁੜਨ ਨਾਲ ਜਥੇਬੰਦੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਸੱਤਪਾਲ ਸਿੰਘ ਸਿਵੀਆਂ ਨੇ ਪਾਰਟੀ ਮੁਖੀ ਅਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ, ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ, ਸਮੁੱਚੀ ਹਾਈਕਮਾਂਡ ਅਤੇ ਜ਼ਿਲ੍ਹਾ ਜਥੇਬੰਦੀ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਅਤੇ ਜਥੇਬੰਦੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਲੋਕਾਂ ਨੂੰ ਪਾਰਟੀ ਨਾਲ ਜੋੜਨ ਲਈ ਵੀ ਯਤਨ ਕੀਤੇ ਜਾਣਗੇ।
ਭੁੱਚੋ ਮੰਡੀ ਤੋਂ ਚੋਣ ਲੜਨ ਦੀਆਂ ਚਰਚਾਵਾਂ ਤੇਜ਼
ਇਸ ਸ਼ਮੂਲੀਅਤ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇਹ ਚਰਚਾ ਵੀ ਤੇਜ਼ ਹੋ ਗਈ ਹੈ ਕਿ ਪਾਰਟੀ ਸੱਤਪਾਲ ਸਿੰਘ ਸਿਵੀਆਂ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਜ਼ਿਲ੍ਹਾ ਬਠਿੰਡਾ ਦੇ ਰਾਖਵੇਂ ਵਿਧਾਨ ਸਭਾ ਹਲਕੇ ਭੁੱਚੋ ਮੰਡੀ ਤੋਂ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਹਾਲਾਂਕਿ ਇਸ ਸਬੰਧੀ ਪਾਰਟੀ ਵੱਲੋਂ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ।
ਸੱਤਪਾਲ ਸਿੰਘ ਸਿਵੀਆਂ ਨੇ ਬਤੌਰ ਪੱਤਰਕਾਰ ਹਲਕਾ ਭੁੱਚੋ ਮੰਡੀ ਦੇ ਗੋਨੇਆਣਾ ਖੇਤਰ ਵਿੱਚ ਲੰਬਾ ਸਮਾਂ ਸੇਵਾਵਾਂ ਨਿਭਾਈਆਂ ਹਨ। ਇਸ ਕਾਰਨ ਹਲਕੇ ਵਿੱਚ ਉਨ੍ਹਾਂ ਦੀ ਚੰਗੀ ਜਾਣ-ਪਛਾਣ ਅਤੇ ਪਕੜ ਮੰਨੀ ਜਾਂਦੀ ਹੈ। ਹੁਣ ਦੇਖਣਾ ਹੋਵੇਗਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਉਨ੍ਹਾਂ ਨੂੰ ਕਿਹੜੀ ਅਹਿਮ ਜ਼ਿੰਮੇਵਾਰੀ ਸੌਂਪਦੀ ਹੈ।




